ਕਪੂਰਥਲਾ ‘ਚ ਕਾਂਗਰਸ ਨੂੰ ਝਟਕਾ, ਸੈਂਕੜੇ ਸਾਥੀਆਂ ਸਮੇਤ ‘ਆਪ’ ਚ ਸ਼ਾਮਲ ਹੋਏ ਰਣਜੀਤ ਰਾਣਾ ਅਤੇ ਭੁਲੱਥ
ਰਾਘਵ ਚੱਢਾ ਸਮੇਤ ਹਰਪਾਲ ਸਿੰਘ ਚੀਮਾ ਨੇ ਕਰਵਾਈ ਰਸਮੀ ਸ਼ਮੂਲੀਅਤ, ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਸਾਰੇ ਸੱਜਣਾਂ ਦਾ ਆਪ 'ਚ ਸਵਾਗਤ: ਰਾਘਵ ਚੱਢਾ

ਚੰਡੀਗੜ, 19 ਜੁਲਾਈ (ਅ.ਨ.ਸ.) ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲਾ ਕਪੂਰਥਲਾ ‘ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ। ਇਨਾਂ ਆਗੂਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।
ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਚਾਹੁਣ ਵਾਲੇ ਸਾਰੇ ਸਜਣਾਂ ਦਾ ‘ਆਪ’ ਵਿੱਚ ਸਵਾਗਤ ਹੈ। ਉਨਾਂ ਕਿਹਾ ਕਿ ਸੂਬੇ ਦੇ ਲੋਕ ਸਮਝ ਗਏ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਪੰਜਾਬ ਦੀ ਖੁਸ਼ਹਾਲੀ ਲਈ ਲੜਦੀ ਹੈ, ਜਦਕਿ ਕਾਂਗਰਸੀ ਅਤੇ ਅਕਾਲੀ ਕੇਵਲ ਕੁਰਸੀ ਲਈ ਲੜਦੇ ਹਨ।
‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਭਵਿੱਖ ਵਜੋਂ ਦੇਖ ਰਹੇ ਹਨ। ਇਸੇ ਲਈ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਵਧਦਾ ਜਾ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਬਹੁ ਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ‘ਆਪ’ ਵੱਲੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖ਼ਾ ਕੀਤਾ ਹੈ ਅਤੇ ਪੰਜਾਬ ਲੋਕ ਹੁਣ ਸੁਖਪਾਲ ਖਹਿਰਾ ‘ਤੇ ਮੁੱੜ ਵਿਸ਼ਵਾਸ਼ ਨਹੀਂ ਕਰਨਗੇ। ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਖਹਿਰਾ ਜਿਥੇ ਵੀ ਗਏ ਹਨ, ਉਥੇ ਖਿਲਾਰਾ ਹੀ ਪਾਇਆ ਹੈ।